ਦਿੱਲੀ ਸੇਵਾ ਬਿੱਲ ਦਾ ਪਾਸ ਹੋਣਾ ਦੇਸ਼ ਲਈ ਖ਼ਤਰੇ ਦੀ ਘੰਟੀ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੰਸਦ ’ਚ ਦਿੱਲੀ ਸੇਵਾ ਬਿੱਲ ਦਾ ਪਾਸ ਹੋਣਾ ਦੇਸ਼ ਲਈ ਇਕ ਖਤਰੇ ਦੀ ਘੰਟੀ ਹੈ ਕਿਉਂਕਿ ਜਿਸ ਤਰ੍ਹਾਂ ਦਿੱਲੀ ’ਚ ਲੈਫਟੀਨੈਂਟ ਗਵਰਨਰ ਨੂੰ ਸ਼ਕਤੀਆਂ ਦਿੱਤੀਆਂ ਗਈਆਂ ਹਨ, ਉਸੇ ਤਰ੍ਹਾਂ ਨਾਲ ਕੇਂਦਰ ਸਰਕਾਰ ਕੱਲ ਨੂੰ ਕਿਸੇ ਵੀ ਗੈਰ-ਭਾਜਪਾ ਸ਼ਾਸਿਤ ਸੂਬਿਆਂ ’ਚ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੱਲ ਨੂੰ ਕਿਸੇ ਵੀ ਸੂਬੇ ਦੀ ਬਾਂਹ ਮਰੋੜ ਸਕਦੀ ਹੈ, ਜੋ ਵੀ ਸੂਬਾ ਸਰਕਾਰ ਕੇਂਦਰ ਦੀਆਂ ਹਦਾਇਤਾਂ ਅਨੁਸਾਰ ਕੰਮ ਨਹੀਂ ਕਰੇਗੀ, ਕੇਂਦਰ ਸਰਕਾਰ ਉਸ ਨੂੰ ਕਮਜ਼ੋਰ ਕਰ ਕੇ ਉਸ ਦੀਆਂ ਸ਼ਕਤੀਆਂ ਖੋਹਣ ਦੀ ਕੋਸ਼ਿਸ਼ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਾਲ ਅਜਿਹਾ ਹੀ ਸਲੂਕ ਕੀਤਾ ਜਾ ਰਿਹਾ ਹੈ। ਪੰਜਾਬ ਨੇ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਦਾ ਪੈਸਾ ਲੈਣਾ ਹੈ ਪਰ ਕੇਂਦਰ ਸਰਕਾਰ ਇਹ ਪੈਸਾ ਜਾਰੀ ਨਹੀਂ ਕਰ ਰਹੀ, ਜਿਸ ਕਾਰਨ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ’ਚ ਜਾਣਾ ਪਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸੇਵਾ ਬਿੱਲ ਦਾ ਵਿਰੋਧ ਅਰਵਿੰਦ ਕੇਜਰੀਵਾਲ ਸਿਰਫ ਦਿੱਲੀ ਲਈ ਹੀ ਨਹੀਂ ਕਰ ਰਹੇ, ਸਗੋਂ ਉਹ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੇ ਹਨ।

ਉਨ੍ਹਾਂ ਕਿਹਾ ਕਿ ਗੈਰ-ਭਾਜਪਾ ਸ਼ਾਸਿਤ ਸੂਬਿਆਂ ਨਾਲ ਕੇਂਦਰ ਦਾ ਵਿਵਹਾਰ ਠੀਕ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਬਚਾਉਣਾ ਜ਼ਰੂਰੀ ਹੈ ਕਿਉਂਕਿ ਜੇਕਰ ਦੇਸ਼ ਬਚੇਗਾ ਤਾਂ ਹੀ ਸਿਆਸੀ ਪਾਰਟੀਆਂ ਕੰਮ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਨਾਲ ਖੜ੍ਹੀ ਹੈ। ਇਸ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੋਧੀ ਲਹਿਰ ’ਚੋਂ ਹੋਇਆ ਸੀ ਅਤੇ ਹੁਣ ਇਹ ਪਾਰਟੀ ਕੌਮੀ ਪੱਧਰ ’ਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ। ਸੰਸਦ ਦੇ ਅੰਦਰ ਪਾਰਟੀ ਦੇ ਸੰਸਦ ਮੈਂਬਰ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ, ਇਸ ਲਈ ਉੱਥੇ ਅਸੀਂ ਦੇਸ਼ ਦੇ ਮੁੱਦਿਆਂ ਜਿਵੇਂ ਮਣੀਪੁਰ ਮੁੱਦਾ, ਦਿੱਲੀ ਦਾ ਮੁੱਦਾ ਆਦਿ ਲਈ ਲੜਾਈ ਲੜ ਰਹੇ ਹਾਂ। ਇਸ ਮੌਕੇ ਪੰਜਾਬ ਇਕਾਈ ਦੇ ਇੰਚਾਰਜ ਜਰਨੈਲ ਸਿੰਘ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਜਗਰੂਪ ਸਿੰਘ ਸੇਖਵਾਂ ਅਤੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *