ਪਰਾਲੀ ਦੇ ਸੁਚੱਜੇ ਨਿਪਟਾਰੇ ਨੂੰ ਲੈ ਕੇ ਕਿਸਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋ ਪਰਾਲੀ ਦੀ ਸੁਚੱਜੇ ਪ੍ਰਬੰਧ ਲਈ ਵਿਕਸਿਤ ਕੀਤੇ ਗਏ ਸਰਫੇਸ ਸੀਡਰ ’ਤੇ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਇਹ ਮਸ਼ੀਨ ਸਬਸਿਡੀ ’ਤੇ ਲੈਣ ਲਈ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 10 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ। ਸਾਰੰਗਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਬਿਨ੍ਹਾ ਸਾੜੇ ਅਤੇ ਬਿਨ੍ਹਾ ਵਾਹੇ ਖੇਤਾਂ ਵਿੱਚ ਰੱਖਕੇ ਘੱਟ ਖਰਚੇ ਨਾਲ ਕਣਕ ਦੀ ਬਿਜਾਈ ਕਰਨ ਲਈ ਸਰਫੇਸ ਸੀਡਰ ਦੀ ਮਸ਼ੀਨ ਬਣਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਮਸ਼ੀਨ ਦੀ ਕੁੱਲ ਕੀਮਤ 80,000 ਰੁਪਏ ਹੈ ਅਤੇ ਕਿਸਾਨਾਂ ਨੂੰ ਇਹ ਮਸ਼ੀਨ 50 ਫੀਸਦੀ ਸਬਸਿਡੀ ’ਤੇ 40000 ਰੁਪਏ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ ਅਤੇ ਕੋ-ਆਪ ਸੁਸਾਇਟੀਆਂ ਨੂੰ ਸਿਰਫ 16000 ਰੁਪਏ ਵਿੱਚ ਇਹ ਮਸ਼ੀਨ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

ਮੁੱਖ ਖੇਤੀਬਾੜੀ ਅਫ਼ਸਰ ਡਾ.ਜਸਵੰਤ ਰਾਏ ਨੇ ਦੱਸਿਆ ਕਿ ਇਸ ਮਸ਼ੀਨ ਵਿੱਚ ਕਟਰ-ਕਮ-ਸਪਰੇਡਰ (ਸੁੱਧਰਿਆ ਹੋਇਆ ਕਟਰ) ਉੱਪਰ ਆਮ ਬਿਜਾਈ ਵਾਲੀ ਡਰਿਲ ਦਾ ਉਪਰਲਾ ਹਿੱਸਾ ਪਾਇਪਾਂ ਸਮੇਤ (ਬਿਨ੍ਹਾਂ ਫਾਲਿਆ ਤੋਂ) ਲਗਾਇਆ ਗਿਆ ਹੈ। ਇਹ ਮਸ਼ੀਨ ਕੰਬਾਇਨ ਨਾਲ ਕੱਟੇ ਝੋਨੇ ਦੇ ਖੇਤ ਵਿੱਚ ਇੱਕੋਂ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋਂ-ਨਾਲ ਝੋਨੇ ਦੇ ਖੜੇ ਕਰਚੇ ਕੱਟ ਕੇ ਇਕ ਸਾਰ ਖਲਾਰ ਦਿੰਦੀ ਹੈ। ਉਹਨਾਂ ਨੇ ਦੱਸਿਆ ਹੈ ਕਿ ਕੱਟਿਆ ਹੋਇਆ ਪਰਾਲ ਬੀਜ ਨੂੰ ਢੱਕ ਲੈਂਦਾ ਹੈ ਜੋ ਕਿ ਬਾਅਦ ਵਿੱਚ ਮਲਚ ਦਾ ਕੰਮ ਕਰਦਾ ਹੈ, ਜਿਸ ਨਾਲ ਨਦੀਨ ਘੱਟ ਹੁੰਦੇ ਹਨ ਅਤੇ ਜ਼ਮੀਨ ਦਾ ਤਾਪਮਾਨ ਵੀ ਅਨੁਕੂਲ ਬਣਿਆ ਰਹਿੰਦਾ ਹੈ। ਉਹਨਾਂ ਦੱਸਿਆ ਕਿ ਪਿਛਲੇ ਸਾਲਾਂ ਦੇ ਤਜਰਬੇ ਤੋਂ ਦੇਖਣ ਵਿੱਚ ਆਇਆ ਹੈ ਕਿ ਸਰਫੇਸ ਸੀਡਰ ਤਕਨੀਕ ਨਾਲ ਬੀਜੀ ਕਣਕ ਘੱਟ ਡਿਗਦੀ ਹੈ ਅਤੇ ਪਰਾਲੀ ਦਾ ਖੇਤ ਵਿੱਚ ਰਹਿਣ ਕਰਕੇ ਜ਼ਮੀਨ ਦੀ ਸਿਹਤ ਦਾ ਵੀ ਸੁਧਾਰ ਹੁੰਦਾ ਹੈ। ਉਹਨਾਂ ਦੱਸਿਆ ਕਿ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚੱਲ ਸਕਦੀ ਹੈ ਅਤੇ ਇੱਕ ਘੰਟੇ ਵਿੱਚ 1.5 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ ਤੇ ਇਸ ਤਕਨੀਕ ਨਾਲ ਬੀਜੀ ਕਣਕ ਉੱਪਰ 700 ਤੋਂ 800 ਰੁ ਖਰਚ ਆਉਂਦਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਹੈ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਜਲੰਧਰ ਵਿੱਚ ਸਰਫੇਸ ਸੀਡਰ ਕਿਸਾਨਾਂ ਨੂੰ ਸਬਸਿਡੀ ਉੱਤੇ ਦੇਣ ਲਈ 275 ਦਾ ਟੀਚਾ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਕਿਸਾਨ ਮੁੱਖ ਖੇਤੀਬਾੜੀ ਅਫਸਰ ਜਾਂ ਬਲਾਕ ਖੇਤੀਬਾੜੀ ਅਫਸਰਾਂ ਨਾਲ ਰਾਬਤਾ ਕਰਕੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਕਿਸਾਨ ਖੇਤੀਬਾੜੀ ਇੰਜੀਨੀਅਰ ਸ. ਨਵਦੀਪ ਸਿੰਘ ਨਾਲ ਫੋਨ ਨੰ 98141-12706 ’ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *