ਮੁੱਖ ਮੰਤਰੀ ਨੇ ਆਜ਼ਾਦੀ ਮੌਕੇ 76 ਸਾਲ ਪੂਰੇ ਹੋਣ ’ਤੇ 76 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਕ ਟਵੀਟ ਜਾਰੀ ਕਰ ਕੇ ਇਸ ਮੀਲ ਦਾ ਪੱਥਰ ਸਾਬਿਤ ਹੋਣ ਵਾਲੇ ਕਦਮ ਲਈ ਮੁੱਖ ਮੰਤਰੀ ਅਤੇ ਪੰਜਾਬ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਹ ਇਤਿਹਾਸਕ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਨੂੰ ਹੁਣ ਕੋਈ ਨਹੀਂ ਰੋਕ ਸਕੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਆਪਣੇ ਬਿਹਤਰ ਭਵਿੱਖ ਲਈ ਮਾਨ ਸਰਕਾਰ ਨੂੰ ਚੁਣਿਆ ਹੈ। ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ’ਚ ਹੀ ਮੁਹੱਈਆ ਕਰਵਾਉਣ ਲਈ ਇਹ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫਤ ਦਵਾਈਆਂ ਮੁਹੱਈਆ ਕਰਨ ਦੇ ਨਾਲ-ਨਾਲ ਇਹ ਕਲੀਨਿਕ 41 ਤਰ੍ਹਾਂ ਦੇ ਟੈਸਟ ਮੁਫਤ ਕਰਨ ਦੀ ਸੇਵਾ ਵੀ ਦੇ ਰਹੇ ਹਨ।

ਪਿਛਲੀਆਂ ਸਰਕਾਰਾਂ ਵੱਲੋਂ ਆਮ ਆਦਮੀ ਦੀ ਸਿਹਤ ਵੱਲ ਤਵੱਜੋ ਨਾ ਦੇਣ ’ਤੇ ਅਫ਼ਸੋਸ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਮਿਆਰੀ ਇਲਾਜ ਸਹੂਲਤਾਂ ਯਕੀਨੀ ਬਣਾਉਣ ’ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣਾ ਇਲਾਜ ਤਾਂ ਵਿਦੇਸ਼ਾਂ ’ਚੋਂ ਕਰਵਾ ਲੈਂਦੇ ਸਨ ਪਰ ਆਮ ਆਦਮੀ ਨੂੰ ਬਿਨਾਂ ਵਧੀਆ ਇਲਾਜ ਤੋਂ ਕਿਸਮਤ ’ਤੇ ਛੱਡ ਦਿੰਦੇ ਸਨ। ਇਹ ਲੀਡਰ ਲੋਕਾਂ ਨੂੰ ਸਿਰਫ਼ ਵੋਟ ਬੈਂਕ ਹੀ ਸਮਝਦੇ ਸਨ ਅਤੇ ਉਨ੍ਹਾਂ ਕਦੇ ਲੋਕਾਂ ਦੇ ਜੀਵਨ ਤੇ ਸਿਹਤ ਦੀ ਪ੍ਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ’ਚ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਹੁਣ ਕੈਂਸਰ ਦਾ ਮਿਆਰੀ ਇਲਾਜ ਉਪਲੱਬਧ ਹੈ, ਜਿਸ ਕਾਰਨ ਹੁਣ ਇਲਾਜ ਲਈ ਲੋਕਾਂ ਨੂੰ ਦੂਜੇ ਰਾਜਾਂ ’ਚ ਧੱਕੇ ਖਾਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਜ਼ਿਲਿਆਂ ’ਚ ਖ਼ਾਲੀ ਪਈਆਂ ਅਧਿਕਾਰੀਆਂ ਦੀਆਂ ਆਸਾਮੀਆਂ ਭਰੀਆਂ ਜਾਣਗੀਆਂ ਅਤੇ ਹੈੱਡਕੁਆਟਰਾਂ ਤੋਂ ਅਧਿਕਾਰੀਆਂ ਦੀ ਤਾਇਨਾਤੀ ਫੀਲਡ ’ਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਜ਼ਿਲਿਆਂ ’ਚ ਕੰਮ ਅਲਾਟ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੀ ਭਲਾਈ ਯਕੀਨੀ ਬਣੇ। ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਅਜਿਹੇ ਅਧਿਕਾਰੀਆਂ ਦੀ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਸ ਵਜੋਂ ਤਾਇਨਾਤੀ ਕੀਤੀ ਹੈ, ਜਿਹੜੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇੱਥੇ ਵਪਾਰ ਤੇ ਕਾਰੋਬਾਰ ਲਈ ਅਸੀਮ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਤੇ ਸੜਕਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ’ਚ ਇਸ ਵਿਸ਼ੇਸ਼ ਫੋਰਸ ’ਚ 1300 ਮੁਲਾਜ਼ਮ ਭਰਤੀ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸਤ ਤੋਂ ਪ੍ਰੇਰਿਤ ਨਹੀਂ ਹੋਣ ਦਿੱਤਾ ਜਾਵੇਗਾ। ਜਿਹੜੇ ਪਿੰਡ ਸਰਬਸੰਮਤੀ ਨਾਲ ਸਰਪੰਚਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਮਾਨ ਨੇ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਚਾਇਤ ਚੋਣਾਂ ’ਚ ਕੋਈ ਹਿੰਸਾ ਨਾ ਹੋਵੇ ਅਤੇ ਪਿੰਡਾਂ ’ਚ ਮਾਹੌਲ ਭਾਈਚਾਰਕ ਬਣਿਆ ਰਹੇ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਸਮਾਗਮ ’ਚ ਪੁੱਜਣ ’ਤੇ ਸਵਾਗਤ ਵੀ ਕੀਤਾ।

Leave a Reply

Your email address will not be published. Required fields are marked *