ਪੰਜਾਬ ’ਚ ਸੈਰ-ਸਪਾਟਾ ਅਤੇ ਵੱਡੇ ਪੱਧਰ ’ਤੇ ਨਿਵੇਸ਼ ਨੂੰ ਉਤਸਾਹਿਤ ਕਰਨਾ ਹੈ ਮੁੱਖ ਉਦੇਸ਼ : ਅਨਮੋਲ ਗਗਨ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸੈਰ-ਸਪਾਟਾ ਖੇਤਰ ਨੂੰ ਪ੍ਰਫੁਲਤ ਕਰਨ ਅਤੇ ਇਥੋਂ ਦੇ ਸੱਭਿਆਚਾਰ ਅਤੇ ਅਮੀਰ ਵਿਰਾਸਤ ਬਾਰੇ ਦੁਨੀਆਂ ਨੂੰ ਜਾਣੂ ਕਰਾਉਣ ਲਈ ਪੰਜਾਬ ਦੇ ਇਤਿਹਾਸ ਵਿਚ ਜਲਦੀ ਹੀ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਜਾ ਰਿਹਾ ਹੈ। ਇਹ ਐਲਾਨ ਸੈਰਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਵਿਭਾਗ ਦੀ ਇਕ ਬੈਠਕ ਤੋਂ ਬਾਅਦ ਕੀਤਾ। ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਅਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸਮਿਟ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿਚ ਪਹਿਲੀ ਵਾਰ ਹੋਣ ਜਾ ਰਹੇ ਪੰਜਾਬ ਟੂਰਿਜ਼ਮ ਸਮਿਟ ਵਿਚ ਟੂਰਿਜ਼ਮ ਇੰਡਸਟਰੀ ਤੋ ਇਲਾਵਾ ਦੇਸ਼ ਵਿਦੇਸ਼ ਵਿੱਚ ਬੈਠੇ ਐੱਨ.ਆਰ.ਆਈਜ਼ ਪੰਜਾਬੀਆਂ ਨੂੰ ਵੀ ਸੱਦਿਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਦਾ ਮੁੱਖ ਉਦੇਸ਼ ਪੰਜਾਬ ਵਿਚ ਸੈਰ ਸਪਾਟਾ ਅਤੇ ਵੱਡੇ ਪੱਧਰ ’ਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਸਮਿਟ ਵਿਚ ਸੂਬੇ ਦੇ ਇਤਿਹਾਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ, ਸੈਮੀਨਾਰ ਅਤੇ ਵੱਖ ਵੱਖ ਈਵੈਂਟ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਣਮੁੱਲੇ ਅਤੇ ਬੇਮਿਸਾਲ ਇਤਿਹਾਸ ਨੂੰ ਜਿਉਂਦਾ ਰੱਖਣ ਤੇ ਅਗਲੀ ਪੀੜ੍ਹੀ ਨੂੰ ਇਸਦੀ ਜਾਣਕਾਰੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

Leave a Reply

Your email address will not be published. Required fields are marked *