ਲੋਕ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਵੱਡਾ ਐਲਾਨ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਇਸ ਸਾਲ ਦਸੰਬਰ ਵਿੱਚ ਹੀ ਲੋਕ ਸਭਾ ਦੀਆਂ ਚੋਣਾਂ ਕਰਵਾ ਸਕਦੀ ਹੈ। ਭਾਜਪਾ ਨੇ ਚੋਣ ਪ੍ਰਚਾਰ ਲਈ ਸਾਰੇ ਹੈਲੀਕਾਪਟਰ ਪਹਿਲਾਂ ਹੀ ਬੁੱਕ ਕਰਵਾ ਲਏ ਹਨ। ਮਮਤਾ ਬੈਨਰਜੀ ਤ੍ਰਿਣਮੂਲ ਕਾਂਗਰਸ ਦੇ ਯੂਥ ਵਿੰਗ ਦੀ ਰੈਲੀ ਨੂੰ ਸੰਬੋਧਨ ਕਰ ਰਹੀ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਭਾਜਪਾ ਕੇਂਦਰ ਵਿੱਚ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਂਦੀ ਹੈ ਤਾਂ ਦੇਸ਼ ਵਿੱਚ ‘ਤਾਨਾਸ਼ਾਹੀ’ ਰਾਜ ਦਾ ਖਤਰਾ ਹੋ ਸਕਦਾ ਹੈ। ਉਨ੍ਹਾਂ ਸੂਬੇ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕਿਆਂ ਲਈ ਗੈਰ-ਕਾਨੂੰਨੀ ਸਰਗਰਮੀਆਂ ਵਿੱਚ ਸ਼ਾਮਲ ਕੁਝ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਦੋਸ਼ ਲਾਇਆ ਕਿ ਅਜਿਹਾ ਕੁਝ ਪੁਲਸ ਵਾਲਿਆਂ ਦੀ ਮਦਦ ਨਾਲ ਹੋ ਰਿਹਾ ਹੈ।

ਤ੍ਰਿਣਮੂਲ ਮੁਖੀ ਨੇ ਕਿਹਾ ਕਿ ਉਨ੍ਹਾਂ ਬੰਗਾਲ ਵਿੱਚ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਦੇ 3 ਦਹਾਕਿਆਂ ਦੇ ਰਾਜ ਦਾ ਅੰਤ ਕਰ ਦਿੱਤਾ ਹੈ। ਹੁਣ ਉਹ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਏਗੀ। ਮਮਤਾ ਨੇ ਕਿਹਾ ਕਿ ਭਾਜਪਾ ਨੇ ਦੇਸ਼ ਨੂੰ ਭਾਈਚਾਰਿਆਂ ਵਿਚਾਲੇ ਕੁੜੱਤਣ ਦੇ ਦੇਸ਼ ਵਿੱਚ ਬਦਲ ਦਿੱਤਾ ਹੈ। ਜੇ ਉਹ ਸੱਤਾ ਵਿੱਚ ਵਾਪਸ ਆਈ ਤਾਂ ਇਹ ਦੇਸ਼ ਨਫ਼ਰਤ ਵਾਲਾ ਦੇਸ਼ ਬਣ ਜਾਏਗਾ। ਭਾਜਪਾ ਨੇ ਲੋਕ ਸਭਾ ਦੀਆਂ ਚੋਣਾਂ ਦੇ ਪ੍ਰਚਾਰ ਲਈ ਪਹਿਲਾਂ ਹੀ ਸਾਰੇ ਹੈਲੀਕਾਪਟਰ ਇਸ ਲਈ ਬੁੱਕ ਕਰਵਾ ਲਏ ਹਨ ਤਾਂ ਜੋ ਹੋਰ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਲਈ ਇਨ੍ਹਾਂ ਦੀ ਵਰਤੋਂ ਨਾ ਕਰ ਸਕਣ।

Leave a Reply

Your email address will not be published. Required fields are marked *