ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਵੱਡਾ ਤੋਹਫਾ, ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ‘ਸਰਫੇਸ ਸੀਡਰ ਮਸ਼ੀਨਾਂ’ ਮੁਹੱਈਆ

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੀ ਮੈਨੇਜਮੈਂਟ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਖੇਤਾਂ ’ਚ ਹੀ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ‘ਸਰਫੇਸ ਸੀਡਰ ਮਸ਼ੀਨਾਂ’ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਭਾਗ ਵਲੋਂ ਸਬਸਿਡੀ ’ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਕਿਸਾਨਾਂ ਕੋਲੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਸੂਬੇ ਦੇ ਕਿਸਾਨ 10 ਸਤੰਬਰ, 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।


ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ’ਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸੰਬੰਧੀ ਮਾਮਲਿਆਂ ਨੂੰ ਜ਼ੀਰੋ ’ਤੇ ਲਿਆਉਣ ਲਈ ਸੀ. ਆਰ. ਐੱਮ. ਸੰਬੰਧੀ ਹੋਰ ਮਸ਼ੀਨਰੀ ਦੀ ਖ਼ਰੀਦ ’ਤੇ ਵੀ ਸਬਸਿਡੀਆਂ ਦੇ ਰਹੀ ਹੈ। ਕਿਸਾਨ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1800-180-1551 ’ਤੇ ਕਾਲ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ’ਚ ਖੇਤੀਬਾੜੀ ਦਫਤਰ ਜਾ ਸਕਦੇ ਹਨ। ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 1,52,300 ਮਸ਼ੀਨਾਂ ਲਈ ਹੁਣ ਤੱਕ ਕੁੱਲ 65421 ਦਰਖਾਸਤਾਂ ਪੰਜਾਬ ਸਰਕਾਰ ਨੂੰ ਪ੍ਰਾਪਤ ਹੋਈਆਂ ਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Leave a Reply

Your email address will not be published. Required fields are marked *