ਮੁੱਖ ਮੰਤਰੀ ਮਾਨ ਨੇ ਪਟਵਾਰੀਆਂ ਨੂੰ ਦਿੱਤੀ ਵੱਡੀ ਸੌਗਾਤ : 3 ਗੁਣਾ ਵਧਾਏ ਭੱਤੇ

ਸਿਖਲਾਈ ਹਾਸਲ ਕਰ ਰਹੇ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੇ ਸਿਖਲਾਈ ਭੱਤੇ ਵਿਚ 3 ਗੁਣਾ ਤੋਂ ਵੱਧ ਦਾ ਵਾਧਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਉਨ੍ਹਾਂ ਨੂੰ ਹੁਣ ਹਰ ਮਹੀਨੇ 5,000 ਦੀ ਬਜਾਏ 18,000 ਰੁਪਏ ਮਿਲਣਗੇ। ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਕਰਨਾ ਸਮੇਂ ਦੀ ਲੋੜ ਸੀ ਤਾਂ ਜੋ ਸਿਖਲਾਈ ਦੌਰਾਨ ਪਟਵਾਰੀ ਆਪਣੀ ਡਿਊਟੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸੁਚਾਰੂ ਢੰਗ ਨਾਲ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਲਈ 5,000 ਰੁਪਏ ਪ੍ਰਤੀ ਮਹੀਨਾ ਭੱਤਾ ਬਹੁਤ ਘੱਟ ਸੀ ਕਿਉਂਕਿ ਜੇ ਬਹੁਤ ਸਖ਼ਤ ਮੁਕਾਬਲੇ ਵਿਚ ਪਾਸ ਹੋ ਕੇ ਸੇਵਾ ਵਿਚ ਆ ਕੇ ਵੀ ਉਨ੍ਹਾਂ ਨੂੰ ਘੱਟ ਭੱਤਾ ਤੇ ਤਨਖਾਹ ਮਿਲੇ ਤਾਂ ਇਹ ਸਹੀ ਨਹੀਂ ਹੈ।

ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਅਤੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਆਪਣੀ ਕਲਮ ਦੀ ਵਰਤੋਂ ਉਨ੍ਹਾਂ ਦੀ ਭਲਾਈ ਲਈ ਕਰਨ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਭ੍ਰਿਸ਼ਟ ਸਾਥੀਆਂ ਦੀ ਮਦਦ ਲਈ ਕਲਮ ਛੋੜ ਹੜਤਾਲ ਦੇ ਨਾਂ ’ਤੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਇਹ ਕਦਮ ਪੂਰੀ ਤਰ੍ਹਾਂ ਗੈਰ-ਜ਼ਰੂਰੀ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕਰ ਸਕਦੀ। ਵਿਖਾਵਾਕਾਰੀ ਪਟਵਾਰੀਆਂ ਦੇ ਅੜੀਅਲ ਰਵੱਈਏ ਨੂੰ ਵੇਖਦੇ ਹੋਏ ਸਰਕਾਰ ਝੁਕਣ ਵਾਲੀ ਨਹੀਂ ਅਤੇ ਜਨਤਾ ਨੂੰ ਬਲੈਕਮੇਲ ਕਰਨ ਦੀ ਪਟਵਾਰੀਆਂ ਨੂੰ ਇਜਾਜ਼ਤ ਨਹੀਂ ਦੇਵੇਗੀ।

ਉਨ੍ਹਾਂ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਲੋਕਾਂ ਨੂੰ ਮੁਫਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ 35,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ 12,710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ ਅਤੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 664 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।

Leave a Reply

Your email address will not be published. Required fields are marked *