ਪੰਜਾਬ ਸਰਕਾਰ ਵਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ


 ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਵਿਅਕਤੀ ਕਿਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਸਮਾਨ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ 48 ਘੰਟਿਆਂ ਵਿਚ ਕਰਵਾਏ ਇਲਾਜ ਦਾ ਸਾਰਾ ਖਰਚਾ ਸਰਕਾਰ ਵਲੋਂ ਅਦਾ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ, ਏ.ਡੀ.ਜੀ.ਪੀ. ਟ੍ਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮਨੀਸ਼ ਕੁਮਾਰ ਵੀ ਮੌਜੂਦ ਸਨ। ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜੋਕਿ ਅੰਤਿਮ ਪੜਾਅ ’ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।

ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਸ ਵਲੋਂ, ਉਦੋਂ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇੱਕ ਸਿਸਟਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੀਆਂ ਐਂਬੂਲੈਂਸਾਂ ਨੂੰ ਓਲਾ/ਊਬਰ ਵਾਂਗ ਆਪਸ ਵਿਚ ਜੋੜਿਆ ਜਾਵੇਗਾ ਤਾਂ ਜੋ ਐਮਰਜੈਂਸੀ ਸਮੇਂ ਲੋਕ 15 ਮਿੰਟ ਜਾਂ ਇਸ ਤੋਂ ਵੀ ਘੱਟ ਸਮੇਂ ਵਿਚ ਐਂਬੂਲੈਂਸ ਦੀਆਂ ਸੇਵਾਵਾਂ ਲੈ ਸਕਣ। ਸਿਹਤ ਮੰਤਰੀ ਨੇ ਲੋਕਾਂ ਨੂੰ ‘ਐਂਬੂਲੈਂਸ ਨੂੰ ਰਾਹ ਦਿਉ’ ਅਤੇ ਆਪਣੇ ਵਾਹਨਾਂ ਵਿਚ ਹਮੇਸ਼ਾ ‘ਫਸਟ ਏਡ ਕਿੱਟ’ ਰੱਖਣ ਦੀ ਵੀ ਅਪੀਲ ਕੀਤੀ ਕਿਉਂਕਿ ਇਹ ਛੋਟੀ ਜਿਹੀ ਪਹਿਲ ਕਿਸੇ ਦੀ ਜਾਨ ਬਚਾ ਸਕਦੀ ਹੈ। ਏ.ਡੀ.ਜੀ.ਪੀ. ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ‘ਸੜਕ ਸੁਰੱਖਿਆ ਬਲ-ਸੜਕ ਸੁਰੱਖਿਆ ਨੂੰ ਸਮਰਪਿਤ ਵਿਸ਼ੇਸ਼ ਟੀਮ’ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਵੇਂ ਹਾਈ-ਟੈਕ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਪੁਲਿਸ ਕਰਮਚਾਰੀਆਂ ਲਈ ਵੱਖਰੀ ਵਰਦੀ ਤਿਆਰ ਕੀਤੀ ਗਈ ਹੈ ।

ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਆਸ ਹੈ ਕਿ ਰਾਜ ਸਰਕਾਰ ਦੀ ਇਹ ਵੱਡੀ ਪਹਿਲਕਦਮੀ ਕੀਮਤੀ ਜਾਨਾਂ ਬਚਾਉਣ ਵਿਚ ਸਹਾਈ ਹੋਵੇਗੀ। ਇਸ ਦੌਰਾਨ ਰਾਜ ਦੇ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ ਨੇ ਵਰਕਸ਼ਾਪ ਵਿਚ ਹਾਜ਼ਰ ਲੋਕਾਂ ਨੂੰ ਮਾਸਟਰ ਟਰੇਨਰ ਬਣਨ ਅਤੇ ਇਸ ਦੋ ਰੋਜ਼ਾ ਵਰਕਸ਼ਾਪ ਵਿਚ ਸਿੱਖੀਆਂ ਗੱਲਾਂ ਨੂੰ ਆਮ ਲੋਕਾਂ ਵਿਚ ਫੈਲਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *